ਨਵੀਂ ਦਿੱਲੀ, 11 ਨਵੰਬਰ: ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਸਿਰਸਾ ਨੇ ਦੋਸ਼ ਲਗਾਇਆ ਕਿ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਤੱਥਾਂ ਅਤੇ ਜ਼ਿੰਮੇਵਾਰ ਲੋਕਾਂ ਦੇ ਨਾਂਅ ਨੂੰ ਨਜ਼ਰਅੰਦਾਜ਼ ਕਰਕੇ ਗਾਂਧੀ ਪਰਿਵਾਰ ਦੇ ਅਕਸ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਸਿਰਸਾ ਨੇ ਕਿਹਾ ਕਿ ਕਿਤਾਬ ਵਿੱਚ 1984 ਦੇ ਹਿੰਸਕ ਦੌਰ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ ਦਾ ਜ਼ਿਕਰ ਤਾਂ ਕੀਤਾ ਗਿਆ ਹੈ, ਪਰ ਪੀੜਤ ਸਿੱਖ ਪਰਿਵਾਰਾਂ ਪ੍ਰਤੀ ਜਵਾਬਦੇਹੀ ਅਤੇ ਮੁਆਫ਼ੀ ਦੀ ਗੱਲ ਨਹੀਂ ਕੀਤੀ ਗਈ। ਉਨ੍ਹਾਂ ਨੇ ਸਵਾਲ ਕੀਤਾ ਕਿ ਕਮਿਸ਼ਨਾਂ ਅਤੇ ਜਾਂਚ ਰਿਪੋਰਟਾਂ ਵਿੱਚ ਸਾਹਮਣੇ ਆਏ ਕਾਂਗਰਸੀ ਆਗੂਆਂ ਦੇ ਨਾਂਅ ਕਿਤਾਬ ਵਿੱਚ ਕਿਉਂ ਨਹੀਂ ਦਿੱਤੇ ਗਏ।
ਮੰਤਰੀ ਨੇ ਕਿਹਾ ਕਿ ਵੱਖ-ਵੱਖ ਜਾਂਚ ਕਮੇਟੀਆਂ ਅਤੇ ਨਾਨਾਵਤੀ ਕਮਿਸ਼ਨ ਨੇ 1984 ਦੇ ਮਾਮਲਿਆਂ ਨਾਲ ਜੁੜੇ ਕਈ ਗੰਭੀਰ ਤੱਥ ਸਾਹਮਣੇ ਰੱਖੇ ਸਨ। ਉਨ੍ਹਾਂ ਨੇ ਸੱਜਣ ਕੁਮਾਰ ਸਮੇਤ ਕਈ ਕਾਂਗਰਸੀ ਆਗੂਆਂ ਖ਼ਿਲਾਫ਼ ਹੋਈਆਂ ਜਾਂਚਾਂ ਅਤੇ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਤਿਹਾਸ ਨੂੰ ਸਿਰਫ਼ ਇੱਕ ਕਿਤਾਬ ਰਾਹੀਂ ਨਹੀਂ ਬਦਲਿਆ ਜਾ ਸਕਦਾ।
ਸਿਰਸਾ ਨੇ ਕਾਂਗਰਸ ’ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਦਿੱਲੀ ਦੀ ਭਾਜਪਾ ਸਰਕਾਰ ਨੇ 1984 ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਕਦਮ ਚੁੱਕੇ ਹਨ।
ਉਨ੍ਹਾਂ ਸੋਨੀਆ ਗਾਂਧੀ ਅਤੇ ਕਾਂਗਰਸ ਤੋਂ ਪੰਜ ਸਵਾਲਾਂ ਦੇ ਜਵਾਬ ਮੰਗਦਿਆਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਸਿਰਫ਼ ਹਮਦਰਦੀ ਨਹੀਂ, ਸਗੋਂ ਸੱਚ, ਜਵਾਬਦੇਹੀ ਅਤੇ ਇਨਸਾਫ਼ ਦੀ ਲੋੜ ਹੈ।

