ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵੀਰ ਬਾਲ ਦਿਵਸ ਮਨਾਉਣ ਨਾਲ ਦੇਸ਼ ਦੀ ਆਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਏ। ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਅੱਜ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਭਾਰਤ ਨੂੰ ਮੌਕਿਆਂ ਦੀ ਧਰਤੀ ਵਜੋਂ ਸਵੀਕਾਰ ਕਰ ਰਹੀ ਹੈ ਅਤੇ ਅਰਥਵਿਵਸਥਾ, ਵਿਗਿਆਨ, ਖੋਜ, ਖੇਡਾਂ ਤੇ ਕੂਟਨੀਤੀ ਦੀਆਂ ਵਿਸ਼ਵ ਸਮੱਸਿਆਵਾਂ ਵਿੱਚ ਭਾਰਤ ਮੁੱਖ ਭੂਮਿਕਾ ਨਿਭਾ ਰਿਹਾ ਹੈ । ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਸਪੱਸ਼ਟ ਸੱਦੇ – ਯਹੀ ਸਮੈ ਹੈ, ਸਹੀ ਸਮੈ ਹੈ- ਨੂੰ ਦੁਹਰਾਇਆ ਅਤੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਕਿਉਂਕਿ ਇਹ ਜੀਵਨ ਵਿੱਚ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਵੀਰ ਬਾਲ ਦਿਵਸ ਪਿਛਲੇ ਸਾਲ 26 ਦਸੰਬਰ ਨੂੰ ਮਨਾਇਆ ਗਿਆ ਸੀ ਅਤੇ ਵੀਰ ਬਾਲ ਦਿਵਸ ਦੇਸ਼ ਦੀ ਰਾਖੀ ਲਈ ਕੁਝ ਵੀ ਕਰਨ ਦੇ ਸੰਕਲਪ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਵੀਰ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਦਰਸਾਉਂਦਾ ਹੈ।
ਪਿਛਲੇ ਸਾਲ ਜਨਵਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨੇ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।