ਕੇਂਦਰ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਏ ਅਤੇ ਉਨ੍ਹਾਂ ਨੂੰ ਮਿਸ਼ਨ ਜ਼ੀਰੋ ਬਰਨਿੰਗ ਵੱਲ ਕੰਮ ਕਰਨ ਦੀ ਸਲਾਹ ਦਿੱਤੀ । ਕਲ ਨਵੀਂ ਦਿੱਲੀ ਵਿੱਚ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਚੁਗਿਰਦਾ ਮੰਤਰੀ ਭੂਪੇਂਦਰ ਯਾਦਵ ਦੀ ਸਹਿ-ਪ੍ਰਧਾਨਗੀ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਅੰਤਰ-ਮੰਤਰਾਲਾ ਮੀਟਿੰਗ ਹੋਈ ।
ਮੀਟਿੰਗ ਦੌਰਾਨ ਸੂਬਾ ਸਰਕਾਰਾਂ ਦੇ ਮੰਤਰੀਆਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਨੂੰ ਸਾੜੇ ਬਿਨਾ ਇਸਦੇ ਨਿਪਟਾਰੇ’ਚ ਕਿਸਾਨਾਂ ਦੀ ਸਹਾਇਤਾ ਲਈ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਦੱਸਿਆ ।
ਇੱਕ ਬਿਆਨ ਵਿੱਚ, ਖੇਤੀਬਾੜੀ ਮੰਤਰਾਲੇ ਨੇ ਕਿਹਾ ਏ ਕਿ ਪਹਿਲਾਂ ਹੀ ਸਪਲਾਈ ਕੀਤੀਆਂ ਗਈਆਂ ਤਿੰਨ ਲੱਖ ਤੋਂ ਵੱਧ ਮਸ਼ੀਨਾਂ ਦੀ ਪ੍ਰਭਾਵੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਾਜ ਪੱਧਰ ‘ਤੇ ਇੱਕ ਢੁਕਵਾਂ ਪ੍ਰਬੰਧ ਮੌਜੂਦ ਏ. ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਰਾਲੀ ਸਾੜ੍ਹਨ ਦੀਆਂ ਜ਼ਿਆਦਾ ਘਟਨਾਵਾਂ ਵਾਲੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਕੁਲੈਕਟਰ ਨੂੰ ਸਰਗਰਮ ਕਦਮ ਚੁੱਕਣੇ ਚਾਹੀਦੇ ਨੇ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਜ਼ਮੀਨੀ ਪੱਧਰ ‘ਤੇ ਸਥਿਤੀ ਦੀ ਨਿਗਰਾਨੀ ਕਰਨੀ ਚਾਹੀਦੀ ਏ । ਦੋਵਾਂ ਕੇਂਦਰੀ ਮੰਤਰੀਆਂ ਨੇ ਰਾਜਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਨਾਲ, ਪਾਊਡਰ ਬਾਇਓ-ਡੀਕੰਪੋਜ਼ਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।