ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ, ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ।
ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲੱਖ ਟਨ ਮੀਟਰਿਕ ਟਨ ਸਮਰੱਥਾ ਹੀ ਉਪਲਬਧ ਹੈ, ਜਿਸ ਕਾਰਨ ਮਿਲਿੰਗ ਕਰ ਰਹੇ ਸੂਬੇ ਦੇ ਮਿੱਲ ਮਾਲਕਾਂ ਵਿੱਚ ਵਿਆਪਕ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਉਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਵੀ ਰੋਸ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਅਪੀਲ ਕੀਤੀ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ 31 ਮਾਰਚ 2025 ਤੱਕ ਸੂਬੇ ਵਿਚੋਂ ਘੱਟੋ-ਘੱਟ 20 ਫੀਸਦੀ ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਵੱਲੋਂ ਚੁੱਕੇ ਮੁੱਦਿਆਂ ਦੇ ਜਵਾਬ ਵਿੱਚ ਸ੍ਰੀ ਜੋਸ਼ੀ ਨੇ ਮਾਰਚ 2025 ਤੱਕ ਸੂਬੇ ਵਿੱਚੋਂ 120 ਲੱਖ ਮੀਟਰਿਕ ਟਨ ਝੋਨੇ ਦੀ ਚੁਕਾਈ ਕਰਵਾਉਣ ਦੀ ਸਹਿਮਤੀ ਦਿੱਤੀ।