ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਵੇਗੀ, ਜਿਸ ਨਾਲ ਸ਼ਾਹੀ ਸ਼ਹਿਰ ਨੂੰ ਇੱਕ ਨਵਾਂ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਰਾਜ ਦਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ, ਪਟਿਆਲਾ ਹੁਣ ਤੱਕ ਦੇ ਸ਼ਾਸਕਾਂ ਦੀ ਅਣਦੇਖੀ ਕਾਰਨ ਵਿਕਾਸ ਦੀ ਗਤੀ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 57 ਕਰੋੜ ਰੁਪਏ ਦੇ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ ਅਤੇ ਪਟਿਆਲਾ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਲੋਵਾਲ ਡੇਅਰੀ ਪ੍ਰਾਜੈਕਟ ਜਿੱਥੇ ਪਹਿਲਾਂ ਹੀ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ, ਵਿੱਚ ਡੇਅਰੀਆਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਾ ਹੈ ਅਤੇ 6 ਕਿਲੋਮੀਟਰ ਦੇ ਫੇਜ਼ II ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।