ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ

ਹੈਲੋ ਅਸੀਂ ਡੀ.ਸੀ. ਦਫ਼ਤਰ ਪਟਿਆਲਾ ਤੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ? ਇਹ ਸ਼ਬਦ ਪਟਿਆਲਾ ਜ਼ਿਲ੍ਹੇ ਦੇ 63 ਹਜ਼ਾਰ ਕਿਸਾਨਾਂ ਨੂੰ ਸੁਣਨ ਨੂੰ ਮਿਲ ਰਹੇ ਹਨ, ਜਿਨ੍ਹਾਂ ਵੱਲੋਂ ਝੋਨੇ ਦੀ ਵਾਢੀ ਕਰ ਲਈ ਹੈ ਜਾਂ ਕਿਸਾਨ ਆਉਂਦੇ ਦਿਨਾਂ ਅੰਦਰ ਵਾਢੀ ਕਰਨ ਵਾਲੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਇਤੀ ਤਕਨੀਕਾਂ ਦੇ ਨਾਲ ਨਾਲ ਨਵੀਨਤਮ ਤਕਨੀਕਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਥੋਂ ਕਿਸਾਨਾਂ ਨੂੰ ‘ਉੱਨਤ ਕਿਸਾਨ’ ਐਪ ਸਬੰਧੀ ਜਾਣਕਾਰੀ ਦੇਣ ਸਮੇਤ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਵੀ ਬੁਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ ‘ਉੱਨਤ ਕਿਸਾਨ’ ਐਪ ਰਾਹੀਂ ਮਸ਼ੀਨਰੀ ਬੁੱਕ ਕਰਨ ਵਿੱਚ ਸਮੱਸਿਆ ਆਉਂਦੀ ਹੈ, ਉਨ੍ਹਾਂ ਦੀ ਮਸ਼ੀਨਰੀ ਦੀ ਬੁਕਿੰਗ ਵੀ ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ਼ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਸੰਪਰਕ ਕਰ ਸਕਦੇ ਹਨ।

ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਮਸ਼ੀਨਰੀ ਦੀ ਬੁਕਿੰਗ ਕਰਨ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਵੀ ਸੈਟੇਲਾਈਟ ਰਾਹੀਂ ਪ੍ਰਾਪਤ ਹੁੰਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੱਕ ਜੀਪੀਐਸ ਲੋਕੇਸ਼ਨ ਸਮੇਤ ਪਹੁੰਚਾਈ ਜਾਂਦੀ ਹੈ ਅਤੇ ਅਧਿਕਾਰੀਆਂ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਈ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਵੀ ‘ਉੱਨਤ ਕਿਸਾਨ’ ਐਪ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਕਿਸਾਨ ਵੀ ਪਰਾਲੀ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੁਚੇਤ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।

More From Author

ਜਲੰਧਰ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫਤਾਰ

ਕੇਂਦਰ ਨੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਅੰਤਰ- ਮੰਤਰਾਲਾ ਮੀਟਿੰਗ ਕੀਤੀ

Leave a Reply

Your email address will not be published. Required fields are marked *